ਬੇਅਦਬੀ 'ਤੇ ਗੋਲੀਕਾਂਡ : 'ਤੇ ਹੁਣ ਸਿੱਟ ਵੱਲੋਂ ਸੁਮੇਧ ਸੈਣੀ ਨੂੰ ਸੰਮਨ

25 ਫਰਵਰੀ ਨੂੰ ਹੈੱਡਕੁਆਟਰ 'ਤੇ ਪਹੁੰਚਣ ਲਈ ਆਖਿਆ

ਫਰੀਦਕੋਟ, 21 ਫਰਵਰੀ ( ਜਗਦੀਸ਼ ਬਾਂਬਾ ) ਬੇਅਦਬੀ 'ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਹੁਣ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸਿੰਘ ਸੈਣੀ ਤੱਕ ਵੀ ਪਹੁੰਚ ਗਏ ਹਨ। ਸੂਤਰਾ ਦੇ ਦੱਸਣ ਮੁਤਾਬਿਕ ਐਸਆਈਟੀ ਨੇ ਹੁਣ ਡੀਜੀਪੀ ਸੁਮੇਧ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਐਸਆਈਟੀ ਨੇ ਸੈਣੀ ਨੂੰ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿੱਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਡੀਜੀਪੀ ਸੁਮੇਧ ਸੈਣੀ ਇਸ ਮਾਮਲੇ ਵਿੱਚ ਸਭ ਤੋਂ ਉੱਚ ਅਧਿਕਾਰੀ ਹਨ,ਜਿਨ੍ਹਾਂ ਤੋਂ ਐਸਆਈਟੀ ਪੁੱਛਗਿੱਛ ਕਰੇਗੀ। ਸੈਣੀ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ 'ਤੇ ਮੌਜੂਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀਕਾਂਡ ਸਬੰਧੀ ਮਾਮਲਿਆਂ ਵਿਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ 'ਚ ਪੇਸ ਕਰਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਐਸਆਈਟੀ ਨੇ ਬੇਅਦਬੀ ਮਾਮਲਿਆਂ ਨਾਲ ਡੇਰਾ ਸਿਰਸਾ ਮੁਖੀ ਦਾ ਸਬੰਧ ਜਾਂਚਣ ਲਈ ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਤੋਂ ਵੀ ਥੋੜਾ ਕੁ ਸਮਾਂ ਪਹਿਲਾਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਅਕਤੂਬਰ 2015 ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਇਸ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਬਾਰੇ ਪੁੱਛਗਿੱਛ ਕਰ ਚੁੱਕੀ ਹੈ। ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ 'ਤੇ ਕਈ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਘਟਨਾਵਾਂ ਦੌਰਾਨ ਪੰਜਾਬ ਪੁਲਿਸ ਦੀ ਕਮਾਨ ਸੁਮੇਧ ਸਿੰਘ ਸੈਣੀ ਦੇ ਹੱਥ ਵਿੱਚ ਸੀ ਅਤੇ ਗੋਲ਼ੀਕਾਂਡ ਤੋਂ ਕੁਝ ਸਮੇਂ ਬਾਅਦ ਸੈਣੀ ਦੀ ਥਾਂ ਸੁਰੇਸ਼ ਅਰੋੜਾ ਨੂੰ ਪੰਜਾਬ ਪੁਲਿਸ ਦਾ ਮੁਖੀ ਲਾਇਆ ਗਿਆ ਸੀ। ਦੱਸਣਯੋਗ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ ਪੁਲਿਸ ਦੀ ਵਿਸੇਸ ਜਾਂਚ ਟੀਮ ਵੱਲੋਂ ਉਕਤ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਬੇਅਦਬੀ ਅਤੇ ਗੋਲੀਕਾਂਡ ਦੀ ਸੱਚਾਈ ਜੱਗ ਜ਼ਾਹਿਰ ਕੀਤੀ ਜਾ ਸਕੇ,ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਬਾਦਲ ਦੇ ਕਰੀਬੀ ਰਹੇ ਇੱਕ ਵਿਅਕਤੀ ਘਰ ਛਾਪੇਮਾਰੀ ਕਰਨ ਉਪਰੰਤ ਅਗਲੇਰੀ ਕਾਰਵਾਈ ਚੱਲ ਰਹੀ ਹੈ। 

Unusual
Beadbi
Sumedh Singh Saini
Punjab Politics

International