ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਚੱਲਣ ਵਾਲੇ ਸਮਾਗਮਾਂ ਦੀ ਕੀਤੀ ਆਰੰਭਤਾ

ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕਰਵਾਏ ਸਹਿਜ ਪਾਠ

ਸੁਲਤਾਨਪੁਰ ਲੋਧੀ, 5 ਨਵੰਬਰ (ਲਵਪ੍ਰੀਤ ਸਿੰਘ) ਅੱਜ ਇਸ ਇਤਿਹਾਸਕ ਕਸਬੇ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ ਅਤੇ ਇਸ ਮੌਕੇ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਵਿਸ਼ਵ ਵਿਆਪੀ ਸਦਭਾਵਨਾ ਦੇ ਮਾਰਗ ਦੀ ਭਾਵਨਾ ਵਿੱਚ ਮਨਾਇਆ ਜਾਵੇ। ਇੱਥੇ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ, ਸਿੱਖ ਧਾਰਮਿਕ ਸੰਸਥਾਵਾਂ ਅਤੇ ਸੰਤ ਸਮਾਜ ਵੱਲੋਂ ਸਾਂਝੇ ਤੌਰ 'ਤੇ ਪ੍ਰਕਾਸ਼ ਕਰਵਾਏ ਸਹਿਜ ਪਾਠ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਆਉਣ ਦੀ ਸੇਵਾ ਨਿਭਾ ਕੇ ਸਮਾਗਮਾਂ ਦਾ ਆਰੰਭ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਲੋਕਾਂ ਨੂੰ ਮੁਲਕ ਸਾਹਮਣੇ ਦਰਪੇਸ਼ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ।

ਇਸ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਇਕ ਨਿਮਾਣੇ ਸਿੱਖ ਵਜੋਂ ਫਰਜ਼ ਨਿਭਾਉਣ ਦੇ ਮਿਲੇ ਸੁਭਾਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਭਰ ਤੋਂ ਇੱਥੇ ਇਕੱਤਰ ਹੋਈ ਸਿੱਖ ਸੰਗਤ ਨੂੰ ਦੱਸਿਆ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ੍ਹਾਂ ਦੇ ਜੀਵਨ ਵਿੱਚ ਇਹ ਮਹਾਨ ਮੌਕਾ ਆਇਆ ਹੈ। ਮੁੱਖ ਮੰਤਰੀ ਨੇ 12 ਨਵੰਬਰ ਨੂੰ ਕਰਵਾਏ ਜਾ ਰਹੇ ਮੁੱਖ ਸਮਾਗਮ ਵਿੱਚ ਸਮੁੱਚੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਆਗਾਜ਼ ਕਰਨਗੇ ਤਾਂ ਸਾਡਾ ਦਹਾਕਿਆਂ ਦਾ ਸੁਪਨਾ ਸਾਕਾਰ ਹੋਵੇਗਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਨਵੇਂ ਪ੍ਰਸ਼ਾਸਕੀ ਕੰਪਲੈਕਸ ਅਤੇ ਸੁਲਤਾਨਪੁਰ ਲੋਧੀ ਦੇ ਵਿਰਾਸਤੀ ਸ਼ਹਿਰ ਦੇ ਦੁਆਲੇ 150 ਕਰੋੜ ਰੁਪਏ ਦੀ ਲਾਗਤ ਨਾਲ ਰਿੰਗ ਰੋਡ ਬਣਾਉਣ ਦਾ ਐਲਾਨ ਕੀਤਾ ਜਿਸ ਨਾਲ ਬਾਕੀ ਸ਼ਹਿਰਾਂ ਨਾਲ ਸੰਪਰਕ ਹੋਰ ਵਧਾਇਆ ਜਾ ਸਕੇਗਾ।

Unusual
Guru Gobind Singh ji
Guru Nanak Dev Ji
Punjab Government

International