ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੀ ਮੀਰੀ ਪੀਰੀ ਪੰਥਕ ਕਾਨਫ਼ਰੰਸ

ਭਾਰਤੀ ਹੁਕਮਰਾਨ ਘੱਟ ਗਿਣਤੀ ਵਿਰੋਧੀ ਕਾਨੂੰਨ ਬਣਾ ਕੇ ਕਰ ਰਹੀ ਦੇਸ਼ ਦਾ ਮਾਹੌਲ ਖ਼ਰਾਬ : ਮਾਨ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ (ਅਨਿਲ ਵਰਮਾ) : 40 ਮੁਕਤਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਅੱਜ ਹਰ ਸਾਲ ਦੀ ਤਰ੍ਹਾਂ ਮੇਲਾ ਮਾਘੀ ਮੌਕੇ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਉੱਥੇ ਹੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੀਰੀ ਪੀਰੀ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਾਲ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ਅਤੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੀ ਸੋਚ ਤੇ ਪਹਿਰਾ ਦੇਣ ਲਈ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਭਾਰਤ ਸਰਕਾਰ ਤੇ ਘੱਟ ਗਿਣਤੀ ਵਿਰੋਧੀ ਕਾਨੂੰਨ ਲਾਗੂ ਕਰਨ ਦੇ ਦੋਸ਼ ਲਾਉਂਦਿਆਂ ਨਾਗਰਿਕਤਾ ਸੋਧ ਬਿੱਲ ਰੱਦ, ਸਿੱਖਾਂ ਲਈ ਵੱਖਰੇ ਸ਼ਮਸ਼ਾਨਘਾਟ ਬਣਾਉਣ, ਈਵੀਐਮ ਮਸ਼ੀਨਾ ਦੀ ਬਜਾਏ ਬੈਲਟ ਪੇਪਰ ਨਾਲ ਪੈਣ ਵੋਟਾਂ, ਟਰੈਵਲ ਏਜੰਟਾਂ ਵੱਲੋਂ ਸਿੱਖ ਨੌਜਵਾਨਾਂ ਦੇ ਕੇਸ ਕਤਲ ਕਰਨ ਤੇ ਧਾਰਾ 295 ਤਹਿਤ ਪਰਚਾ ਦਰਜ ਕਰਨ, ਕਿਸਾਨ ਮਜ਼ਦੂਰ ਖ਼ੁਦਕੁਸ਼ੀਆਂ ਲਈ ਪੰਜਾਬ ਅਤੇ ਕੇਂਦਰ ਹੁਕਮਰਾਨਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਸਮੇਤ ਕਾਲੀ ਸੂਚੀ ਖ਼ਤਮ ਕਰਨ ਅਤੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਤੇ ਕੁਲਭੂਸ਼ਣ ਯਾਦਵ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਦੇ ਨਾਲ ਕਰੀਬ 20 ਮਤੇ ਪਾਸ ਕੀਤੇ ਗਏ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕੋਈ ਇਨਸਾਫ਼ ਨਹੀਂ ਅਤੇ ਹੁਕਮਰਾਨ ਘੱਟ ਗਿਣਤੀਆਂ ਦੀ ਆਵਾਜ਼ ਦਬਾਉਣ ਲਈ ਕਾਨੂੰਨ ਲਾਗੂ ਕਰ ਰਹੀ ਹੈ , ਜਿਸ ਦਾ ਹਰ ਨਾਗਰਿਕ ਨੂੰ ਡੱਟਵਾਂ ਵਿਰੋਧ ਕਰਨਾ ਚਾਹੀਦਾ ਹੈ ਅਤੇ ਹਰ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿਵਾਉਣ ਲਈ ਵੱਖਰੇ ਖ਼ਾਲਸਾ ਰਾਜ ਦੀ ਮੰਗ ਨੂੰ ਮਜ਼ਬੂਤ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ।

ਸ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਭਾਰਤ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖਿਲਾਫ 25 ਜਨਵਰੀ ਨੂੰ ਪੰਜਾਬ ਬੰਦ ਦਾ ਸਹਿਯੋਗ ਕਰਨ ਤਾਂ ਜੋ ਏਕਤਾ ਦੀ ਆਵਾਜ਼ ਬੁਲੰਦ ਹੋ ਸਕੇ । ਇਸ ਮੌਕੇ ਮਾਸਟਰ ਕਰਨੈਲ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਰਣਜੀਤ ਸਿੰਘ, ਇਕਬਾਲ ਸਿੰਘ ਬਰੀਵਾਲਾ, ਗੁਰਚਰਨ ਸਿੰਘ ਅਤੇ ਮੈਂਬਰ ਪੀਏਸੀ ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਮਨਜੀਤ ਸਿੰਘ ਸੀਰਾ, ਉਜਲ ਸਿੰਘ ਮੰਡੀ ਕਲਾਂ, ਹਰਫੂਲ ਸਿੰਘ, ਸਿਮਰਨਜੋਤ ਸਿੰਘ ਖਾਲਸਾ, ਸੁਖਦੇਵ ਸਿੰਘ ਕਾਲਾ ਆਦਿ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਪੰਥਕ ਜਥੇਬੰਦੀਆਂ ਦੇ ਵਰਕਰ ਸ਼ਾਮਲ ਹੋਏ ।

Unusual
Simranjeet Singh Mann
Punjab Politics

International