ਕੈਪਟਨ ਵੱਲੋਂ ਕੇਂਦਰ ਸਰਕਾਰ ਨੂੰ ‘ਰੇਰਾ’ ਇਨ-ਬਿਨ ਲਾਗੂ ਭਰੋਸਾ

ਨਵੀਂ ਦਿੱਲੀ 17 ਮਈ (ਏਜੰਸੀਆਂ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਪਿਛਲੀ ਸਰਕਾਰ ਦੌਰਾਨ ਕੇਂਦਰ ਸਰਕਾਰ ਦੇ ਫੰਡਾਂ ਨਾਲ ਗਰੀਬੀ ਹਟਾਉਣ ਤੇ ਮਕਾਨ ਉਸਾਰੀ ਦੇ ਸ਼ੁਰੂ ਹੋਏ ਪ੍ਰਾਜੈਕਟਾਂ ਨੂੰ ਮੁੜ ਪਟੜੀ ‘ਤੇ ਲਿਆ ਕੇ ਇਨਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਕੈਪਟਨ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਗਰੀਬੀ ਹਟਾਉਣ ਬਾਰੇ ਕੇਂਦਰੀ ਮੰਤਰੀ ਵੈਂਕਾਈਆ ਨਾਇਡੂ ਨਾਲ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ। ਕੈਪਟਨ ਨੇ ਕੇਂਦਰੀ ਮੰਤਰੀ ਨੂੰ ਉਨਾਂ ਦੀ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਦੀ ਪ੍ਰਗਤੀ ਬਾਰੇ ਦੱਸਦਿਆਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਕੇਂਦਰੀ ਸਕੀਮਾਂ ਤੇ ਪ੍ਰਾਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਬੀਤੇ ਸਮੇਂ ਜਾਰੀ ਕੀਤੇ ਫੰਡਾਂ ਦਾ ਯੋਗ ਲਾਭਪਾਤਰੀਆਂ ਤੱਕ ਨਾ ਪਹੁੰਚਣ ਬਾਰੇ ਦੀ ਸਥਿਤੀ ਤੋਂ ਵੀ ਜਾਣੂੰ ਕਰਵਾਇਆ ਗਿਆ।

ਕੈਪਟਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਰੇਰਾ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਕਿ੍ਰਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਦੇ ਰਾਹ ਵਿੱਚ ਕੋਈ ਅੜਿੱਕਾ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਰੇਰਾ ਨੂੰ ਮਜਬੂਤ ਕਰਨ ਲਈ ਹੋਰ ਸੂਬਿਆਂ ਪਾਸੋਂ ਕੁਝ ਨਿਯਮ ਅਪਣਾਉਣ ਬਾਰੇ ਮੁੱਖ ਮੰਤਰੀ ਦੇ ਸੁਝਾਅ ‘ਤੇ ਨਾਇਡੂ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਇਸ ਉਪਰ ਕੋਈ ਇਤਰਾਜ਼ ਨਹੀਂ ਬਸ਼ਰਤੇ ਕਿ ਇਸ ਕਾਨੂੰਨ ਦੀ ਭਾਵਨਾ ਨਾਲ ਖਿਲਵਾੜ ਨਾ ਹੋਵੇ। ਨਾਇਡੂ ਵੱਲੋਂ ਜੁਲਾਈ ਮਹੀਨੇ ਵਿੱਚ ਪੰਜਾਬ ਆ ਕੇ ਕੇਂਦਰੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਨਹੀਂ ਗਿਆ। ਮੁੱਖ ਮੰਤਰੀ ਨੇ ਨਾਇਡੂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਸਮੁੱਚੀ ਪ੍ਰਕਿ੍ਰਆ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਕੇਂਦਰੀ ਮੰਤਰੀ ਨੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਧਿਆਨ ਵਿੱਚ ਇਹ ਪੱਖ ਆਇਆ ਹੈ ਕਿ ਪਿਛਲੀ ਸਰਕਾਰ ਸਮੇਂ ਜਾਰੀ ਹੋਏ ਕੇਂਦਰੀ ਫੰਡ ਸਬੰਧਤ ਲਾਭਪਾਤਰੀਆਂ ਤੱਕ ਨਾ ਪਹੁੰਚਾਏ ਜਾਣ ਕਰਕੇ ਅਣਵਰਤੇ ਹੀ ਰਹਿ ਗਏ। ਕੈਪਟਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਲਾਭਪਾਤਰੀਆਂ ਖਾਸ ਕਰਕੇ ਕੇਂਦਰ ਸਰਕਾਰ ਦੀ ਵਾਜਬ ਕੀਮਤਾਂ ‘ਤੇ ਮਕਾਨ ਮੁਹੱਈਆ ਕਰਵਾਉਣ ਵਾਲੀ ਸਕੀਮ ਤਹਿਤ ਲਾਭਪਾਤਰੀਆਂ ਦੀ ਤਸਦੀਕ ਕਰਨ ਦੀ ਪ੍ਰਕਿ੍ਰਆ ਆਰੰਭੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ‘ਸਾਰਿਆਂ ਲਈ ਘਰ‘ ਮਿਸ਼ਨ ਸਮੇਤ ਪ੍ਰਮੁੱਖ ਪ੍ਰਾਜੈਕਟਾਂ ਤੇ ਨੀਤੀਆਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਰੀਅਲ ਅਸਟੇਟ ਸੈਕਟਰ ਵਿੱਚ ਲੋੜੀਂਦੇ ਸੁਧਾਰਾਂ ਦੀ ਸ਼ੁਰੂਆਤ ਲਈ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਉਹ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਇਸ ਦੇ ਲਾਗੂ ਹੋਣ ਲਈ ਆਸਵੰਦ ਹਨ।

Capt Amarinder Singh
Center Government
RERA
Law
Real Estate