ਖੱਡਾਂ ਦੀ ਨਿਲਾਮੀ ’ਚ ਬੇਨੇਮੀਆਂ ਦੀ ਰਿਪੋਰਟ ਮੁੱਖ ਮੰਤਰੀ ਕੋਲ ਪਹੁੰਚੀ

ਚੰਡੀਗੜ 10 ਅਗਸਤ (ਮੇਜਰ ਸਿੰਘ) ਪੰਜਾਬ ਵਿੱਚ ਰੇਤ ਖੱਡਾਂ ਦੀ ਨਿਲਾਮੀ ‘ਚ ਬੇਨਿਯਮੀਆਂ ਦੇ ਲੱਗੇ ਇਲਜ਼ਾਮਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਅੱਜ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਜਸਟਿਸ ਨਾਰੰਗ ਨੇ ਅੱਜ ਸਵੇਰੇ ਮੁੱਖ ਮੰਤਰੀ ਨੂੰ ਉਨਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲ ਕੇ ਰਿਪੋਰਟ ਸੌਂਪੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਰਿਪੋਰਟ ਮੁੱਖ ਸਕੱਤਰ ਨੂੰ ਭੇਜਦਿਆਂ ਦੋ ਹਫਤਿਆਂ ਵਿੱਚ ਆਪਣੀ ਟਿੱਪਣੀ ਦੇ ਕੇ ਵਾਪਸ ਭੇਜਣ ਲਈ ਆਖਿਆ। ਮੁੱਖ ਮੰਤਰੀ ਨੇ ਇਸ ਵਰੇ ਮਈ ਮਹੀਨੇ ਵਿੱਚ ਖਣਨ ਵਿਭਾਗ ਵੱਲੋਂ ਰੇਤ ਖੱਡਾਂ ਦੀ ਕਰਵਾਈ ਨਿਲਾਮੀ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਸ਼ਮੂਲੀਅਤ ਦੇ ਇਲਜ਼ਾਮਾਂ ਦੇ ਮੱਦੇਨਜ਼ਰ ਇੱਕ ਮੈਂਬਰੀ ਕਮਿਸ਼ਨ ਕਾਇਮ ਕਰਨ ਦੇ ਹੁਕਮ ਦਿੱਤੇ ਸਨ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਜੇ.ਐਸ. ਨਾਰੰਗ ਦੇ ਕਮਿਸ਼ਨ ਨੂੰ ਬਹੁ-ਕਰੋੜੀ ਰੇਤ ਖਣਨ ਨਿਲਾਮੀ ਵਿੱਚ ਸਿੰਚਾਈ ਤੇ ਬਿਜਲੀ ਮੰਤਰੀ ਵਿਰੁੱਧ ਬੇਨਿਯਮੀਆਂ ਦੇ ਲੱਗੇ ਇਲਜ਼ਾਮਾਂ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਲਈ ਆਖਿਆ ਗਿਆ ਸੀ। ਕਮਿਸ਼ਨ ਨੂੰ ਇਸ ਪੱਖ ਦੀ ਪੜਤਾਲ ਕਰਨ ਲਈ ਆਖਿਆ ਗਿਆ ਸੀ ਕਿ ਕੀ ਮੰਤਰੀ ਦੇ ਸਾਬਕਾ ਮੁਲਾਜ਼ਮਾਂ ਨੂੰ ਦੋ ਖੱਡਾਂ ਦੇ ਟੈਂਡਰ ਦੇਣ ਮੌਕੇ ਬੋਲੀ ਦੇ ਨਿਯਮਾਂ ਤੇ ਸ਼ਰਤਾਂ ਦੀ ਪਾਲਣਾ ਕੀਤੀ ਗਈ ਸੀ? ਕੀ ਇਨਾਂ ਦੋਵਾਂ ਖੱਡਾਂ ਨੂੰ ਅਲਾਟ ਕਰਨ ਵਿੱਚ ਬੋਲੀ ਦੀ ਕੀਮਤ ਸਬੰਧੀ ਰਾਣਾ ਗੁਰਜੀਤ ਸਿੰਘ ਦਾ ਕਿਸੇ ਕਿਸਮ ਦਾ ਪ੍ਰਭਾਵ ਸੀ? ਕੀ ਬੋਲੀਕਾਰਾਂ ਨੇ ਇਨਾਂ ਦੋਵਾਂ ਖੱਡਾਂ ਲਈ ਮੰਤਰੀ ਵੱਲੋਂ ਬੋਲੀ ਦਿੱਤੀ? ਇਸ ਕਮਿਸ਼ਨ ਦਾ ਗਠਨ ਕਮਿਸ਼ਨ ਆਫ ਇੰਕੁਆਇਰੀ ਐਕਟ, 1952 ਤਹਿਤ ਕੀਤਾ ਗਿਆ ਸੀ।

ਕਮਿਸ਼ਨ ਨੂੰ ਇਸ ਪਹਿਲੂ ਦੀ ਵੀ ਪੜਤਾਲ ਕਰਨ ਲਈ ਕਿਹਾ ਗਿਆ ਸੀ ਕਿ ਕੀ ਬੋਲੀਕਾਰਾਂ ਨੂੰ ਇਹ ਦੋ ਖੱਡਾਂ ਅਲਾਟ ਕਰਨ ਮੌਕੇ ਮੰਤਰੀ ਨੂੰ ਕੋਈ ਬੋਲੋੜਾ ਵਿੱਤੀ ਲਾਭ ਜਾਂ ਮੁਨਾਫਾ ਹਾਸਲ ਹੋਇਆ ਤੇ ਕੀ ਇਹ ਦੋ ਖੱਡਾਂ ਬੋਲੀਕਾਰਾਂ ਨੂੰ ਨਿਲਾਮ ਕਰਨ ਨਾਲ ਸਰਕਾਰੀ ਮਾਲੀਏ ਨੂੰ ਕੋਈ ਘਾਟਾ ਪਿਆ।

Unusual
Capt Amarinder Singh