ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ: ਰਾਮਸਰ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ 10 ਸਤੰਬਰ (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ  ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਇਥੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੇ ਗਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਭਾਈ ਸੁਲਤਾਨ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ।ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾ ਕੇ ਪਾਲਕੀ ਸਾਹਿਬ ਵਿਚ ਸ਼ਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।

ਆਰੰਭਤਾ ਮੌਕੇ ਗਿਆਨੀ ਗੁਰਬਚਨ ਸਿੰਘ ਵੀ ਉਚੇਰੇ ਤੌਰ 'ਤੇ ਮੌਜੂਦ ਸਨ ਲੇਕਿਨ ਉਹ ਪੰਜਾਬ ਪੁਲਿਸ ਦੇ ਮੁਲਾਜਮਾਂ ਤੇ ਕਮੇਟੀ ਦੀ ਟਾਸਕ ਫੋਰਸ ਦੇ ਘੇਰੇ ਵਿੱਚ ਹੀ ਰਹੇ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਸੰਪੰਨ ਹੋਇਆ। ਇਸ ਸਮੇਂ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਰਾਜਿੰਦਰ ਸਿੰਘ ਮਹਿਤਾ,ਹਰਜਾਪ ਸਿੰਘ ਸੁਲਤਾਨਵਿੰਡ,ਬਲਦੇਵ ਸਿੰਘ ਚੂੰਘਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੁਚੇ ਸਟਾਫ ਸਹਿਤ ਹਾਜਰ ਸਨ । ਇਸੇ ਦੌਰਾਨ ਗੁਰਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। 

Unusual
Golden Temple
Nagar Kirtan

International