ਸਾਰਾਗੜ੍ਹੀ ਦਾ ਸਾਕਾ ਸ਼ਹਾਦਤ ਤੇ ਕੁਰਬਾਨੀ ਦੀ ਅਦੁੱਤੀ ਮਿਸਾਲ: ਕੈਪਟਨ ਅਮਰਿੰਦਰ ਸਿੰਘ

ਫਿਰੋਜ਼ਪੁਰ 12 ਸਤੰਬਰ (ਵਰਿਆਮ ਹੁਸੈਨੀਵਾਲਾ) : ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ, ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਫ਼ੌਜ਼ ਦੇ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਣ ਹੈ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਬਲੀਦਾਨ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ ਜਦੋਂ 21 ਸਿੱਖ ਸੈਨਿਕਾਂ ਨੇ 10 ਹਜ਼ਾਰ ਪਠਾਣਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ, ਸੈਨਾ ਦੇ ਸਾਬਕਾ ਅਧਿਕਾਰੀਆਂ, ਜਵਾਨਾਂ, ਸੈਨਾ ਦੇ ਅਧਿਕਾਰੀਆਂ ਅਤੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਮਾਗਮ ਦੀ ਸਫਲਤਾ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਾਰਤੀ ਫ਼ੌਜ਼ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ, ਮੇਜਰ ਜਨਰਲ ਜੇਐੱਸ ਸੰਧੂ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਵਲ ਅਤੇ ਫ਼ੌਜ਼ ਦੇ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।

Unusual
Capt Amarinder Singh
PUNJAB
History

International